Rm Global Tv

ਡਿਪਟੀ ਕਮਿਸ਼ਨਰ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਦੀਆਂ ਹਦਾਇਤਾਂ ਦਿੱਤੀਆਂ

 

7 ਮਈ ਤੋਂ ਜ਼ਿਲ੍ਹੇ ਵਿੱਚ ਸ਼ੁਰੂ ਹੋਵੇਗੀ ਨਸ਼ਾ ਛੁਡਾਊ ਯਾਤਰਾ

ਆਰ ਐਮ ਗਲੋਬਲ ਟੀਵੀ

ਗੁਰਦਾਸਪੁਰ।  ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਕਾਮਯਾਬ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰਨ ਤਾਂ ਜੋ ਜ਼ਿਲ੍ਹਾ ਗੁਰਦਾਸਪੁਰ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਵਿੱਚ ਆਪਣਾ ਉੱਘਾ ਯੋਗਦਾਨ ਪਾ ਸਕੇ। ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿਖੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜਾਗਰੂਕਤਾ ਲਹਿਰ ਨੂੰ ਹੋਰ ਤੇਜ਼ ਕੀਤਾ ਜਾਵੇ ਅਤੇ ਨਸ਼ਿਆਂ ਖਿਲਾਫ ਇੱਕ ਲੋਕ ਲਹਿਰ ਖੜੀ ਕੀਤੀ ਜਾਵੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ 4 ਮਈ ਨੂੰ ਗੁਰਦਾਸਪੁਰ ਵਿਖੇ ਵਿਲੇਜ ਡਿਫੈਂਸ ਕਮੇਟੀਆਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਕਰਵਾਈ ਜਾਵੇਗੀ, ਜਿਸ ਵਿੱਚ ਵਿਲੇਜ ਡਿਫੈਂਸ ਕਮੇਟੀਆਂ ਦੇ ਨੁਮਾਇੰਦੇ ਭਾਗ ਲੈਣਗੇ। ਉਨ੍ਹਾਂ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਵਿਲੇਜ ਡਿਫੈਂਸ ਕਮੇਟੀਆਂ ਦਾ ਵੀ ਸਾਥ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ 7 ਮਈ ਤੋਂ ਸੂਬੇ ਵਿੱਚ ਸ਼ੁਰੂ ਹੋਣ ਜਾ ਰਹੀ ਨਸ਼ਾ ਛੁਡਾਊ ਯਾਤਰਾ ਤਹਿਤ ਪਿੰਡਾਂ ਅਤੇ ਸ਼ਹਿਰਾਂ ਦੇ ਵਾਰਡਾਂ ਵਿੱਚ ਵਿਸ਼ੇਸ਼ ਪ੍ਰੋਗਰਾਮਾਂ ਦਾ ਆਯੋਜਿਨ ਕਰਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੱਧ ਕੀਤਾ ਜਾਵੇਗਾ।

 

ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਪਰਾਲੇ ਵੀ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 743 ਨਵੇਂ ਖੇਡ ਮੈਦਾਨਾਂ ਦੀ ਸ਼ਨਾਖਤ ਕੀਤੀ ਗਈ ਹੈ ਜਿਨ੍ਹਾਂ ਵਿੱਚ 467 ਖੇਡ ਮੈਦਾਨਾਂ ਦੀ ਪ੍ਰਵਾਨਗੀ ਤੋਂ ਬਾਅਦ 205 ਖੇਡ ਮੈਦਾਨਾਂ ਵਿੱਚ ਕੰਮ ਸ਼ੁਰੂ ਕਰਵਾ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ 33 ਖੇਡ ਮੈਦਾਨਾਂ ਦਾ ਕੰਮ ਮੁਕੰਮਲ ਹੋ ਗਿਆ ਹੈ।ਇਸਦੇ ਨਾਲ ਹੀ ਪਿੰਡਾਂ ਵਿੱਚ ਖੇਡ ਮੁਕਾਬਲੇ ਵੀ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਿੱਖਿਆ ਸੰਸਥਾਵਾਂ ਵਿੱਚ ਵੀ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਬਚਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਵਿੱਚ ਸੀਐੱਮ ਦੀ ਯੋਗਸ਼ਾਲਾ ਤਹਿਤ ਰੋਜ਼ਾਨਾਂ 124 ਯੋਗਾ ਕਲਾਸਾਂ ਲਗਾਈਆਂ ਜਾ ਰਹੀਆਂ ਹਨ ਜਿਨ੍ਹਾਂ ਦਾ ਜ਼ਿਲ੍ਹਾ ਵਾਸੀ ਭਰਪੂਰ ਲਾਭ ਉਠਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਆਪਣਾ ਸਾਥ ਦੇ ਕੇ ਆਪਣੇ ਸੂਬੇ ਨੂੰ ਨਸ਼ਾ ਮੁਕਤ ਕਰਨ ਵਿੱਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਨਸ਼ੇ ਦੇ ਖਾਤਮੇ ਲਈ ਵਚਨਬੱਧ ਹੈ।

 

Rm Global Tv
Author: Rm Global Tv

Facebook
Twitter
LinkedIn
WhatsApp

Leave a Reply

Your email address will not be published. Required fields are marked *