ਆਰ ਐਮ ਗਲੋਬਲ ਟੀਵੀ
ਗੁਰਦਾਸਪੁਰ।- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਰਾਜ ਸਰਕਾਰ ਵੱਲੋਂ ਅਗਲੇ ਮਹੀਨੇ ਵਿਲੇਜ ਡਿਫੈਂਸ ਕਮੇਟੀਆਂ (ਪਿੰਡਾਂ ਦੇ ਪਹਿਰੇਦਾਰ) ਨਾਲ ਵਿਸ਼ੇਸ਼ ਮੀਟਿੰਗਾਂ ਕੀਤੀਆਂ ਜਾਣਗੀਆਂ। ਇਸ ਮੀਟਿੰਗ ਦੀ ਤਿਆਰੀ ਸਬੰਧੀ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਅੱਜ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 4 ਮਈ ਨੂੰ ਜ਼ਿਲ੍ਹਾ ਗੁਰਦਾਸਪੁਰ ਵਿੱਚ ਵਿਲੇਜ ਡਿਫੈਂਸ ਕਮੇਟੀਆਂ (ਪਿੰਡਾਂ ਦੇ ਪਹਿਰੇਦਾਰ) ਨਾਲ ਮੀਟਿੰਗ ਕੀਤੀ ਜਾਵੇਗੀ ਅਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਵਿਲੇਜ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਦਾ ਸਾਥ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਜ਼ਮੀਨੀ ਪੱਧਰ ‘ਤੇ ਚਲਾਇਆ ਜਾ ਰਿਹਾ ਹੈ ਅਤੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਜ਼ਿਲ੍ਹਾ ਗੁਰਦਾਸਪੁਰ ਆਪਣਾ ਮੋਹਰੀ ਰੋਲ ਅਦਾ ਕਰੇਗਾ।
ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ 4 ਮਈ 2025 ਨੂੰ ਹੋਣ ਵਾਲੀ ਵਿਲੇਜ ਡਿਫੈਂਸ ਕਮੇਟੀਆਂ (ਪਿੰਡਾਂ ਦੇ ਪਹਿਰੇਦਾਰ) ਦੀ ਤਿਆਰੀ ਆਰੰਭ ਕਰ ਦੇਣ ਅਤੇ ਇਹ ਯਕੀਨੀ ਬਣਾਉਣ ਕਿ ਵਿਲੇਜ ਡਿਫੈਂਸ ਕਮੇਟੀਆਂ ਦੇ ਨੁਮਾਇੰਦੇ ਇਸ ਮੀਟਿੰਗ ਵਿੱਚ ਭਾਗ ਲੈਣ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ, ਐੱਸ.ਡੀ.ਐੱਮ. ਦੀਨਾਨਗਰ ਜਸਪਿੰਦਰ ਸਿੰਘ ਭੁੱਲਰ, ਐੱਸ.ਡੀ.ਐੱਮ. ਬਟਾਲਾ ਵਿਕਰਮਜੀਤ ਸਿੰਘ, ਡੀ.ਡੀ.ਪੀ.ਓ. ਗੁਰਪ੍ਰੀਤ ਸਿੰਘ ਗਿੱਲ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

Author: Rm Global Tv



